Bible Versions
Bible Books

Luke 18 (PAV) Punjabi Old BSI Version

1 ਉਸ ਨੇ ਉਨ੍ਹਾਂ ਨੂੰ ਇਸ ਮਤਲਬ ਦਾ ਇੱਕ ਦ੍ਰਿਸ਼ਟਾਂਤ ਦਿੱਤਾ ਜੋ ਸਦਾ ਪ੍ਰਾਰਥਨਾ ਵਿੱਚ ਲੱਗਿਆ ਰਹਿਣਾ ਅਤੇ ਸੁਸਤੀ ਨਹੀਂ ਕਰਨੀ ਚਾਹੀਦੀ
2 ਕਿ ਕਿਸੇ ਨਗਰ ਵਿੱਚ ਇੱਕ ਹਾਕਮ ਸੀ ਜਿਹ ਨੂੰ ਨਾ ਪਰਮੇਸ਼ੁਰ ਦਾ ਭੈ, ਨਾ ਮਨੁੱਖ ਦੀ ਪਰਵਾਹ ਸੀ
3 ਅਰ ਉਸੇ ਨਗਰ ਵਿੱਚ ਇੱਕ ਵਿਧਵਾ ਸੀ ਅਤੇ ਉਹ ਉਸ ਦੇ ਕੋਲ ਇਹ ਕਹਿੰਦੀ ਆਉਂਦੀ ਸੀ ਜੋ ਮੇਰੇ ਵੈਰੀ ਤੋਂ ਮੇਰਾ ਬਦਲਾ ਲੈ ਦਿਹ
4 ਕਿੰਨਾਕੁ ਚਿਰ ਤਾਂ ਉਹ ਨੇ ਨਾ ਚਾਹਿਆ ਪਰ ਪਿੱਛੋਂ ਆਪਣੇ ਮਨ ਵਿੱਚ ਕਿਹਾ ਕਿ ਭਾਵੇਂ ਮੈਂ ਨਾ ਪਰਮੇਸ਼ੁਰ ਦਾ ਭੈ ਕਰਦਾ, ਨਾ ਮਨੁੱਖ ਦੀ ਪਰਵਾਹ ਰੱਖਦਾ ਹਾਂ
5 ਤਾਂ ਭੀ ਇਸ ਲਈ ਜੋ ਇਹ ਵਿਧਵਾ ਮੈਨੂੰ ਜਿੱਚ ਕਰਦੀ ਹੈ ਮੈਂ ਉਹ ਦਾ ਬਦਲਾ ਲੈ ਦਿਆਂਗਾ ਅਜਿਹਾ ਨਾ ਹੋਵੇ ਜੋ ਉਹ ਘੜੀ ਮੁੜੀ ਆਣ ਕੇ ਮੇਰਾ ਸਿਰ ਖਾਵੇ
6 ਪ੍ਰਭੁ ਨੇ ਆਖਿਆ, ਸੁਣੋ ਕਿ ਇਹ ਬੇਇਨਸਾਫ਼ ਹਾਕਮ ਕੀ ਕਹਿੰਦਾ ਹੈ
7 ਫੇਰ ਭਲਾ, ਪਰਮੇਸ਼ੁਰ ਆਪਣੇ ਚੁਣਿਆਂ ਹੋਇਆਂ ਦਾ ਬਦਲਾ ਲੈ ਨਾ ਦੇਵੇਗਾ ਜਿਹੜੇ ਰਾਤ ਦਿਨ ਉਹ ਦੀ ਦੁਹਾਈ ਦਿੰਦੇ ਹਨ, ਭਾਵੇਂ ਉਹ ਚੋਖਾ ਚਿਰ ਉਨ੍ਹਾਂ ਦੀ ਜਰਦਾ ਹੈॽ।।
8 ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਸ਼ਤਾਬੀ ਉਨ੍ਹਾਂ ਦਾ ਬਦਲਾ ਲੈ ਦੇਵੇਗਾ। ਪਰ ਜਦ ਮਨੁੱਖ ਦਾ ਪੁੱਤ੍ਰ ਆਵੇਗਾ ਤਦ ਕੀ ਉਹ ਧਰਤੀ ਉੱਤੇ ਨਿਹਚਾ ਪਾਵੇਗਾॽ
9 ਉਸ ਨੇ ਕਈਆਂ ਨੂੰ ਜਿਹੜੇ ਆਪਣੇ ਉੱਤੇ ਭਰੋਸਾ ਰੱਖਦੇ ਸਨ ਭਈ ਅਸੀਂ ਧਰਮੀ ਹਾਂ ਅਤੇ ਹੋਰਨਾਂ ਨੂੰ ਤੁੱਛ ਜਾਣਦੇ ਸਨ ਇਹ ਦ੍ਰਿਸ਼ਟਾਂਤ ਵੀ ਦਿੱਤਾ
10 ਕਿ ਦੋ ਮਨੁੱਖ ਪ੍ਰਾਰਥਨਾ ਕਰਨ ਲਈ ਹੈਕਲ ਵਿੱਚ ਆਏ, ਇੱਕ ਫ਼ਰੀਸੀ ਅਤੇ ਦੂਆ ਮਸੂਲੀਆ
11 ਫ਼ਰੀਸੀ ਨੇ ਖਲੋ ਕੇ ਆਪਣੇ ਜੀ ਵਿੱਚ ਇਉਂ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ ਮੈਂ ਤੇਰਾ ਸ਼ੁਕਰ ਕਰਦਾ ਹਾਂ ਭਈ ਮੈਂ ਹੋਰਨਾਂ ਵਾਂਙੁ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਜ਼ਨਾਹਕਾਰ ਹਨ ਅਤੇ ਨਾ ਇਸ ਮਸੂਲੀਏ ਵਰਗਾ ਹਾਂ!
12 ਮੈਂ ਸਾਤੇ ਵਿੱਚ ਦੋ ਵਾਰੀ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸੌਂਧ ਦਿੰਦਾ ਹਾਂ
13 ਪਰ ਉਸ ਮਸੂਲੀਏ ਨੇ ਕੁਝ ਫ਼ਰਕ ਨਾਲ ਖੜੋ ਕੋ ਐੱਨਾ ਵੀ ਨਾ ਚਾਹਿਆ ਜੋ ਆਪਣੀਆਂ ਅੱਖੀਆਂ ਅਕਾਸ਼ ਦੀ ਵੱਲ ਚੁੱਕੇ ਸਗੋਂ ਆਪਣੀ ਛਾਤੀ ਪਿੱਟਦਾ ਅਤੇ ਏਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ ਮੈਂ ਪਾਪੀ ਉੱਤੇ ਦਯਾ ਕਰ!
14 ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਨਹੀਂ ਪਰ ਇਹ ਧਰਮੀ ਠਹਿਰ ਕੇ ਆਪਣੇ ਘਰ ਗਿਆ ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਪਰ ਜੋ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।।
15 ਲੋਕ ਆਪਣੇ ਨਿਆਣਿਆਂ ਨੂੰ ਵੀ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਨੂੰ ਛੋਹੇ ਪਰ ਚੇਲਿਆਂ ਨੇ ਵੇਖ ਕੇ ਉਨ੍ਹਾਂ ਨੂੰ ਝਿੜਕਿਆ
16 ਪਰ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦ ਕੇ ਕਿਹਾ, ਛੋਟਿਆਂ ਬਾਲਕਾਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਨ੍ਹਾਂ ਨੂੰ ਨਾ ਵਰਜੋ ਕਿਉਂ ਜੋ ਪਰਮੇਸ਼ੁਰ ਦਾ ਰਾਜ ਏਹੋ ਜਿਹਿਆਂ ਦਾ ਹੈ
17 ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜੇ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬਾਲਕ ਦੀ ਨਿਆਈਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ।।
18 ਇੱਕ ਸਰਦਾਰ ਨੇ ਉਸ ਅੱਗੇ ਅਰਜ਼ ਕਰ ਕੇ ਆਖਿਆ, ਸਤ ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਉਣ ਦਾ ਅਧਿਕਾਰੀ ਹੋਵਾਂॽ
19 ਯਿਸੂ ਨੇ ਉਹ ਨੂੰ ਕਿਹਾ, ਤੂੰ ਮੈਨੂੰ ਸਤ ਕਿਉਂ ਆਖਦਾ ਹੈਂॽ ਸਤ ਕੋਈ ਨਹੀਂ ਪਰ ਨਿਰਾ ਇੱਕੋ ਪਰਮੇਸ਼ੁਰ
20 ਤੂੰ ਹੁਕਮਾਂ ਨੂੰ ਜਾਣਦਾ ਹੈਂ, ਜ਼ਨਾਹ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦਿਹ, ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰ
21 ਓਨ ਆਖਿਆ, ਮੈਂ ਆਪਣੇ ਬਾਲਕਪੁਣੇ ਤੋਂ ਇਨ੍ਹਾਂ ਸਭਨਾਂ ਨੂੰ ਮੰਨਦਾ ਆਇਆ ਹਾਂ
22 ਯਿਸੂ ਨੇ ਸੁਣ ਕੇ ਉਹ ਨੂੰ ਆਖਿਆ, ਅਜੇ ਤੇਰੇ ਵਿੱਚ ਇੱਕ ਗੱਲ ਦਾ ਘਾਟਾ ਹੈ। ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦੇ ਦੇਹ ਤਾਂ ਤੈਨੂੰ ਸੁਰਗ ਵਿੱਚ ਧਨ ਮਿਲੇਗਾ ਅਤੇ ਮੇਰੇ ਪਿੱਛੇ ਹੋ ਤੁਰ
23 ਪਰ ਉਹ ਇਹ ਸੁਣ ਕੇ ਬਹੁਤ ਉਦਾਸ ਹੋਇਆ ਕਿਉਂ ਜੋ ਉਹ ਵੱਡਾ ਧਨਵਾਨ ਸੀ
24 ਯਿਸੂ ਨੇ ਉਹ ਨੂੰ ਵੇਖ ਕੇ ਆਖਿਆ ਕਿ ਜਿਹੜੇ ਦੌਲਤ ਰੱਖਦੇ ਹਨ ਉਨ੍ਹਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕੇਡਾ ਹੀ ਔਖਾ ਹੋਵੇਗਾ!
25 ਕਿਉਂ ਜੋ ਸੂਈ ਦੇ ਨੱਕੇ ਵਿੱਚੋਂ ਦੀ ਊਠ ਦਾਵੜਨਾ ਏਸ ਨਾਲੋਂ ਸੁਖਾਲਾ ਹੈ ਜੋ ਧਨਵਾਨ ਮਨੁੱਖ ਪਰਮੇਸ਼ੁਰ ਦੇ ਰਾਜ ਵਿੱਚ ਵੜੇ
26 ਤਾਂ ਸੁਣਨ ਵਾਲਿਆਂ ਨੇ ਕਿਹਾ, ਤਾਂ ਫੇਰ ਕਿਹ ਦੀ ਮੁਕਤੀ ਹੋ ਸੱਕਦੀ ਹੈॽ
27 ਪਰ ਓਸ ਆਖਿਆ ਕਿ ਜਿਹੜੀਆਂ ਗੱਲਾਂ ਮਨੁੱਖਾਂ ਤੋਂ ਅਣਹੋਣੀਆਂ ਹਨ ਓਹ ਪਰਮੇਸ਼ੁਰ ਤੋਂ ਹੋ ਸੱਕਦੀਆਂ ਹਨ
28 ਤਦ ਪਤਰਸ ਨੇ ਕਿਹਾ, ਵੇਖ ਅਸੀਂ ਆਪਣਾ ਸੱਭੋ ਕੁਝ ਛੱਡ ਕੇ ਤੇਰੇ ਮਗਰ ਹੋ ਤੁਰੇ ਹਾਂ
29 ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਅਜਿਹਾ ਕੋਈ ਨਹੀਂ ਕਿ ਜਿਹ ਨੇ ਘਰ ਯਾ ਤੀਵੀਂ ਯਾ ਭਾਈਆਂ ਯਾ ਮਾਪਿਆਂ ਯਾ ਬਾਲ ਬੱਚਿਆਂ ਨੂੰ ਪਰਮੇਸ਼ੁਰ ਦੇ ਰਾਜ ਦੇ ਕਾਰਨ ਛੱਡਿਆ ਹੈ
30 ਜਿਹੜਾ ਇਸ ਸਮੇ ਵਿੱਚ ਬਹੁਤ ਗੁਣਾ ਅਤੇ ਅਗਲੇ ਜੁਗ ਵਿੱਚ ਸਦੀਪਕ ਜੀਉਣ ਨਾ ਪਾਵੇ।।
31 ਉਸ ਨੇ ਬਾਰਾਂ ਚੇਲਿਆਂ ਨੂੰ ਲੈ ਕੇ ਉਨ੍ਹਾਂ ਨੂੰ ਆਖਿਆ, ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਸਭ ਕੁਝ ਜੋ ਨਬੀਆਂ ਦੇ ਰਾਹੀਂ ਲਿੱਖਿਆ ਹੋਇਆ ਹੈ ਮਨੁੱਖ ਦੇ ਪੁੱਤ੍ਰ ਦੇ ਹੱਕ ਵਿੱਚ ਪੂਰਾ ਕੀਤਾ ਜਾਵੇਗਾ
32 ਕਿਉਂਕਿ ਉਹ ਪਰਾਈਆਂ ਕੌਮਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਦੇ ਉੱਤੇ ਠੱਠਾ ਮਾਰਿਆ ਜਾਵੇਗਾ ਅਰ ਉਹ ਦੀ ਪਤ ਲਾਹੀ ਜਾਵੇਗੀ ਅਰ ਉਸ ਪੁਰ ਥੁੱਕਿਆ ਜਾਵੇਗਾ
33 ਓਹ ਕੋਰੜੇ ਮਾਰਨਗੇ, ਨਾਲੇ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਏ ਦਿਨ ਫੇਰ ਜੀ ਉੱਠੇਗਾ
34 ਉਨ੍ਹਾਂ ਨੇ ਇਨ੍ਹਾਂ ਗੱਲਾਂ ਵਿੱਚੋਂ ਕੁਝ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਗੁਪਤ ਰਹੀ ਅਰ ਜਿਹੜੀਆਂ ਗੱਲਾਂ ਕਹੀਆਂ ਜਾਂਦੀਆਂ ਸਨ ਉਨ੍ਹਾਂ ਨੂੰ ਜਾਣਿਆਂ।।
35 ਇਉਂ ਹੋਇਆ ਕਿ ਜਾਂ ਉਹ ਯਰੀਹੋ ਦੇ ਨੇੜੇ ਅੱਪੜਿਆ ਤਾਂ ਇੱਕ ਅੰਨ੍ਹਾ ਸੜਕ ਦੇ ਕੰਢੇ ਬੈਠਾ ਭੀਖ ਮੰਗਦਾ ਸੀ
36 ਅਤੇ ਉਹ ਨੇ ਭੀੜ ਲੰਘਦੀ ਸੁਣ ਕੇ ਪੁੱਛਿਆ ਭਈ ਇਹ ਕੀ ਹੈॽ
37 ਲੋਕਾਂ ਨੇ ਉਹ ਨੂੰ ਖਬਰ ਦਿੱਤੀ ਜੋ ਯਿਸੂ ਨਾਸਰੀ ਲੰਘ ਰਿਹਾ ਹੈ
38 ਤਦ ਉਹ ਨੇ ਪੁਕਾਰ ਕੇ ਆਖਿਆ, ਹੇ ਯਿਸੂ ਦਾਊਦ ਦੇ ਪੁੱਤ੍ਰ, ਮੇਰੇ ਉੱਤੇ ਦਯਾ ਕਰ!
39 ਜਿਹੜੇ ਅੱਗੇ ਜਾਂਦੇ ਸਨ ਉਨ੍ਹਾਂ ਉਸ ਨੂੰ ਝਿੜਕਿਆ ਭਈ ਚੁੱਪ ਕਰ ਪਰ ਉਹ ਸਗੋਂ ਹੋਰ ਵੀ ਉੱਚੀ ਦੇ ਕੇ ਬੋਲਿਆ, ਹੇ ਦਾਊਦ ਦੇ ਪੁੱਤ੍ਰ, ਮੇਰੇ ਉੱਤੇ ਦਯਾ ਕਰ!
40 ਤਦ ਯਿਸੂ ਨੇ ਖੜੋ ਕੇ ਉਹ ਨੂੰ ਆਪਣੇ ਕੋਲ ਲਿਆਉਣ ਦਾ ਹੁਕਮ ਕੀਤਾ ਅਤੇ ਜਾਂ ਉਹ ਨੇੜੇ ਆਇਆ ਤਾਂ ਉਹ ਨੂੰ ਪੁੱਛਿਆ
41 ਤੂੰ ਕੀ ਚਾਹੁੰਦਾ ਹੈ ਜੋ ਮੈਂ ਤੇਰੇ ਲਈ ਕਰਾਂॽ ਉਹ ਨੇ ਕਿਹਾ, ਪ੍ਰਭੁ ਜੀ ਮੈਂ ਸੁਜਾਖਾ ਹੋ ਜਾਵਾਂ!
42 ਤਾਂ ਯਿਸੂ ਨੇ ਉਹ ਨੂੰ ਕਿਹਾ, ਸੁਜਾਖਾ ਹੋ ਜਾਹ, ਤੇਰੀ ਨਿਹਚਾ ਨੇ ਤੈਨੂੰ ਬਚਾਇਆ
43 ਅਤੇ ਓਵੇਂ ਉਹ ਸੁਜਾਖਾ ਹੋ ਗਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਉਸ ਦੇ ਮਗਰ ਤੁਰ ਪਿਆ ਅਰ ਸਭਨਾਂ ਲੋਕਾਂ ਨੇ ਵੇਖ ਕੇ ਪਰਮੇਸ਼ੁਰ ਦੀ ਉਸਤਤ ਕੀਤੀ।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×