Bible Versions
Bible Books

Psalms 103 (PAV) Punjabi Old BSI Version

1 ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ!
2 ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਉਹ ਦੇ ਸਾਰੇ ਉਪਕਾਰ ਨਾ ਵਿਸਾਰ!
3 ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ, ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ।
4 ਉਹ ਤੇਰੀ ਜਿੰਦ ਨੂੰ ਟੋਏ ਤੋਂ ਨਿਸਤਾਰਾ ਦਿੰਦਾ ਹੈ, ਉਹ ਤੇਰੇ ਸਿਰ ਉੱਤੇ ਦਯਾ ਤੇ ਰਹਮ ਦਾ ਮੁਕਟ ਰੱਖਦਾ ਹੈ।
5 ਉਹ ਭਲਿਆਈ ਨਾਲ ਤੇਰੇ ਮੂੰਹ ਨੂੰ ਰਜਾਉਂਦਾ ਹੈ, ਤੂੰ ਉਕਾਬ ਵਾਂਙੁ ਆਪਣੀ ਜੁਆਨੀ ਨੂੰ ਨਵਾਂ ਕਰਦਾ ਹੈਂ।
6 ਯਹੋਵਾਹ ਧਰਮ ਦੇ ਕੰਮ ਅਤੇ ਨਿਆਉਂ ਸਭ ਦਬਾਏ ਹੋਇਆਂ ਦੇ ਲਈ ਕਰਦਾ ਹੈ।
7 ਉਹ ਨੇ ਆਪਣੇ ਰਾਹ ਮੂਸਾ ਉੱਤੇ, ਅਤੇ ਆਪਣੇ ਕੰਮ ਇਸਰਾਏਲ ਉੱਤੇ ਪਰਗਟ ਕੀਤੇ।
8 ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਗੁੱਸੇ ਵਿੱਚ ਧੀਰਜੀ ਅਤੇ ਦਯਾ ਨਾਲ ਭਰਪੂਰ ਹੈ।
9 ਉਸ ਸਦਾ ਨਹੀਂ ਝਿੜਕੇਗਾ, ਨਾ ਸਦਾ ਲਈ ਆਪਣਾ ਕ੍ਰੋਧ ਰੱਖੇਗਾ।
10 ਉਹ ਸਾਡੇ ਪਾਪਾਂ ਅਨੁਸਾਰ ਸਾਡੇ ਨਾਲ ਨਹੀਂ ਵਰਤਿਆ, ਨਾ ਸਾਡੀਆਂ ਬਦੀਆਂ ਅਨੁਸਾਰ ਸਾਨੂੰ ਬਦਲਾ ਦਿੱਤਾ।
11 ਜਿੰਨਾ ਉੱਚਾ ਅਕਾਸ਼ ਧਰਤੀ ਉੱਤੋਂ ਹੈ, ਇੰਨੀ ਵੱਡੀ ਉਹ ਦੀ ਦਯਾ ਉਹ ਦੇ ਡਰਨ ਵਾਲਿਆਂ ਉੱਤੇ ਹੈ!
12 ਜਿੰਨਾ ਚੜ੍ਹਦਾ ਲਹਿੰਦੇ ਤੋਂ ਦੂਰ ਹੈ, ਉੱਨੇ ਹੀ ਉਸ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ!
13 ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ, ਤਿਵੇਂ ਯਹੋਵਾਹ ਆਪਣੇ ਡਰਨ ਵਾਲਿਆਂ ਦਾ ਤਰਸ ਖਾਂਦਾ ਹੈ।
14 ਉਹ ਤਾਂ ਸਾਡੀ ਸਰਿਸ਼ਟੀ ਨੂੰ ਜਾਣਦਾ ਹੈ, ਉਹ ਨੂੰ ਚੇਤਾ ਹੈ ਭਈ ਅਸੀਂ ਮਿੱਟੀ ਹੀ ਹਾਂ!
15 ਇਨਸਾਨ ਦੀ ਆਯੂ ਘਾਹ ਜਿੰਨੀ ਹੈ, ਮਦਾਨ ਦੇ ਫੁੱਲ ਵਾਂਙੁ ਉਹ ਟਹਿਕਦਾ ਹੈ,
16 ਜਦ ਵਾਉ ਉਹ ਦੇ ਉੱਤੇ ਵਗਦੀ ਤਦ ਉਹ ਹੈ ਹੀ ਨਹੀਂ ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਵੇਖੇਗਾ।
17 ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੀਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤ੍ਰਾਂ ਪੋਤ੍ਰਿਆਂ ਤੀਕ,
18 ਅਰਥਾਤ ਉਨ੍ਹਾਂ ਲਈ ਜਿਹੜੇ ਉਹ ਦੇ ਨੇਮ ਨੂੰ ਮੰਨਦੇ, ਤੇ ਉਹ ਦੇ ਫ਼ਰਮਾਨਾਂ ਨੂੰ ਚੇਤੇ ਰੱਖਦੇ ਤੇ ਪੂਰੇ ਕਰਦੇ ਹਨ।।
19 ਯਹੋਵਾਹ ਨੇ ਆਪਣੀ ਰਾਜ ਗੱਦੀ ਸੁਰਗ ਵਿੱਚ ਕਾਇਮ ਕੀਤੀ ਹੈ, ਅਤੇ ਉਹ ਦੀ ਪਾਤਸ਼ਾਹੀ ਦਾ ਹੁਕਮ ਸਭਨਾਂ ਉੱਤੇ ਹੈ।
20 ਹੇ ਉਹ ਦੇ ਦੂਤੋਂ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਸ਼ਕਤੀ ਵਿੱਚ ਬਲਵਾਨ ਹੋ, ਅਤੇ ਉਹ ਦਾ ਸ਼ਬਦ ਸੁਣ ਕੇ ਉਹ ਨੂੰ ਪੂਰਿਆਂ ਕਰਦੇ ਹੋ!
21 ਹੇ ਉਹ ਦੀਓ ਸਾਰੀਓ ਸੈਨਾਵੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਉਹ ਦੇ ਸੇਵਕ ਹੋ ਤੇ ਉਹ ਦੀ ਮਰਜ਼ੀ ਨੂੰ ਪੂਰਿਆਂ ਕਰਦੇ ਹੋ!
22 ਹੇ ਉਹ ਦੇ ਕਾਰਜੋ, ਉਹ ਦੀ ਪਾਤਸ਼ਾਹੀ ਦਿਆਂ ਸਾਰਿਆਂ ਥਾਂਵਾਂ ਵਿੱਚ, ਯਹੋਵਾਹ ਨੂੰ ਮੁਬਾਰਕ ਆਖੋ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ!।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×