Bible Versions
Bible Books

Psalms 106 (PAV) Punjabi Old BSI Version

1 ਹਲਲੂਯਾਹ! ਯਹੋਵਾਹ ਦਾ ਧੰਨਵਾਦ ਕਰੋ ਭਈ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕ ਹੈ!
2 ਯਹੋਵਾਹ ਦੀਆਂ ਸ਼ਕਤੀਆਂ ਨੂੰ ਕੌਣ ਵਰਨਣ ਕਰ ਸੱਕਦਾ ਹੈॽ ਕੌਣ ਉਹ ਦੀ ਸਾਰੀ ਉਸਤਤ ਸੁਣਾ ਸੱਕਦਾ ਹੈॽ
3 ਧੰਨ ਓਹ ਜਿਹੜੇ ਨਿਆਉਂ ਦੀ ਪਾਲਨਾ ਕਰਦੇ ਹਨ, ਅਤੇ ਉਹ ਜਿਹੜਾ ਹਰ ਵੇਲੇ ਧਰਮ ਕਮਾਉਂਦਾ ਹੈ!
4 ਹੇ ਯਹੋਵਾਹ, ਆਪਣੀ ਪਰਜਾ ਦੇ ਪੱਖ ਪਾਤ ਵਿੱਚ ਮੈਨੂੰ ਚੇਤੇ ਰੱਖ, ਆਪਣੇ ਬਚਾਓ ਨਾਲ ਮੇਰੀ ਸੁੱਧ ਲੈ,
5 ਭਈ ਮੈਂ ਤੇਰੇ ਚੁੱਣੇ ਹੋਇਆਂ ਦੀ ਭਲਿਆਈ ਵੇਖਾਂ, ਤੇਰੀ ਕੌਮ ਦੀ ਖੁਸ਼ੀ ਵਿੱਚ ਅਨੰਦ ਹੋਵਾਂ, ਅਤੇ ਤੇਰੀ ਮਿਲਖ ਦੇ ਨਾਲ ਫ਼ਖਰ ਕਰਾਂ!।।
6 ਅਸਾਂ ਆਪਣੇ ਪਿਉ ਦਾਦਿਆਂ ਜਿਹੇ ਪਾਪ ਕੀਤੇ, ਅਸਾਂ ਬਦੀ ਅਤੇ ਦੁਸ਼ਟਪੁਣਾ ਕੀਤਾ।
7 ਸਾਡੇ ਪਿਉ ਦਾਦਿਆਂ ਨੇ ਮਿਸਰ ਵਿੱਚ ਤੇਰੇ ਅਚਰਜਾਂ ਨੂੰ ਨਾ ਸਮਝਿਆ, ਨਾ ਤੇਰੀਆਂ ਬਹੁਤੀਆਂ ਦਿਆਲਗੀਆਂ ਨੂੰ ਚੇਤੇ ਰੱਖਿਆ, ਪਰ ਓਹ ਸਮੁੰਦਰ ਅਰਥਾਤ ਲਾਲ ਸਮੁੰਦਰ ਉੱਤੇ ਆਕੀ ਹੋ ਗਏ।
8 ਤਾਂ ਵੀ ਉਹ ਨੇ ਆਪਣੇ ਨਾਮ ਦੇ ਕਾਰਨ ਉਨ੍ਹਾਂ ਨੂੰ ਬਚਾਇਆ, ਭਈ ਉਹ ਆਪਣੀ ਸ਼ਕਤੀ ਵਿਖਾਵੇ।
9 ਉਹ ਨੇ ਨਾਲ ਸਮੁੰਦਰ ਨੂੰ ਦਬਕਾ ਦਿੱਤਾ ਅਤੇ ਉਹ ਸੁੱਕ ਗਿਆ, ਅਤੇ ਉਹ ਨੇ ਉਨ੍ਹਾਂ ਨੂੰ ਡੁੰਘਿਆਈਆਂ ਦੇ ਵਿੱਚੋਂ ਦੀ ਜਿਵੇਂ ਉਜਾੜ ਦੇ ਵਿੱਚੋਂ ਦੀ ਲੰਘਾਇਆ,
10 ਅਤੇ ਉਹ ਨੇ ਉਨ੍ਹਾਂ ਨੂੰ ਦੁਸ਼ਮਨ ਦੇ ਹੱਥੋਂ ਬਚਾਇਆ, ਅਤੇ ਵੈਰੀ ਦੇ ਹੱਥੋਂ ਛੁਡਾਇਆ।
11 ਪਾਣੀਆਂ ਨੇ ਉਨ੍ਹਾਂ ਦੇ ਵਿਰੋਧੀਆਂ ਨੂੰ ਢੱਕ ਲਿਆ, ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ!
12 ਉਨ੍ਹਾਂ ਨੇ ਉਹ ਦੀਆਂ ਗੱਲਾਂ ਨੂੰ ਸਤ ਮੰਨਿਆ, ਉਨ੍ਹਾਂ ਨੇ ਉਹ ਦੀ ਉਸਤਤ ਦਾ ਗੀਤ ਗਾਇਆ।
13 ਓਹ ਉਹ ਦੇ ਕੰਮਾਂ ਨੂੰ ਛੇਤੀ ਹੀ ਭੁੱਲ ਗਏ, ਉਨ੍ਹਾਂ ਨੇ ਉਹ ਦੀ ਸਲਾਹ ਦੀ ਉਡੀਕ ਨਾ ਕੀਤੀ।
14 ਉਨ੍ਹਾਂ ਨੇ ਉਜਾੜ ਵਿੱਚ ਵੱਡੀ ਹਿਰਸ ਕੀਤੀ, ਅਤੇ ਥਲ ਵਿੱਚ ਪਰਮੇਸ਼ੁਰ ਨੂੰ ਪਰਤਾਇਆ,
15 ਤਾਂ ਉਹ ਨੇ ਉਨ੍ਹਾਂ ਦੀ ਮੰਗ ਪੂਰੀ ਕੀਤੀ, ਪਰ ਉਨ੍ਹਾਂ ਦੀਆਂ ਜਾਨਾਂ ਨੂੰ ਲਿੱਸਿਆਂ ਕੀਤਾ।।
16 ਡੇਰੇ ਵਿੱਚ ਓਹ ਮੂਸਾ, ਅਤੇ ਯਹੋਵਾਹ ਦੇ ਭਗਤ ਹਾਰੂਨ ਉੱਤੇ ਸੜੇ,
17 ਧਰਤੀ ਖੁਲ੍ਹ ਗਈ ਅਤੇ ਦਾਥਾਨ ਨੂੰ ਨਿਗਲ ਲਿਆ, ਅਤੇ ਅਬੀਰਾਮ ਦੀ ਟੋਲੀ ਨੂੰ ਢੱਕ ਲਿਆ,
18 ਤਾਂ ਅੱਗ ਉਨ੍ਹਾਂ ਦੀ ਟੋਲੀ ਵਿੱਚ ਫੁੱਟ ਨਿੱਕਲੀ, ਅਤੇ ਲੰਬ ਨੇ ਦੁਸ਼ਟਾਂ ਨੂੰ ਭਸਮ ਕੀਤਾ।।
19 ਹੋਰੇਬ ਵਿੱਚ ਉਨ੍ਹਾਂ ਨੇ ਇੱਕ ਵੱਛਾ ਬਣਾਇਆ, ਅਤੇ ਢਾਲੇ ਹੋਏ ਬੁੱਤ ਅੱਗੇ ਮੱਥਾ ਟੇਕਿਆ,
20 ਇਉਂ ਉਨ੍ਹਾਂ ਨੇ ਆਪਣੇ ਪਰਤਾਪ ਨੂੰ, ਘਾਹ ਖਾਣ ਵਾਲੇ ਬਲਦ ਦੇ ਰੂਪ ਨਾਲ ਬਦਲ ਲਿਆ!
21 ਓਹ ਆਪਣੇ ਬਚਾਉਣ ਵਾਲੇ ਪਰਮੇਸ਼ੁਰ ਨੂੰ ਭੁੱਲ ਗਏ, ਜਿਹ ਨੇ ਮਿਸਰ ਵਿੱਚ ਵੱਡੇ ਵੱਡੇ ਕੰਮ ਕੀਤੇ,
22 ਹਾਮ ਦੇ ਦੇਸ ਵਿੱਚ ਅਚਰਜ, ਅਤੇ ਲਾਲ ਸਮੁੰਦਰ ਉੱਤੇ ਭਿਆਣਕ ਕੰਮ!
23 ਤਾਂ ਓਸ ਆਖਿਆ ਕਿ ਮੈਂ ਉਨ੍ਹਾਂ ਦਾ ਨਾਸ ਕਰ ਸੁੱਟਦਾ, ਜੇ ਮੂਸਾ ਮੇਰਾ ਚੁਣਿਆ ਹੋਇਆ ਤੇੜ ਵਿੱਚ ਮੇਰੇ ਅੱਗੇ ਖੜਾ ਨਾ ਹੁੰਦਾ, ਭਈ ਮੇਰੇ ਕ੍ਰੋਧ ਨੂੰ ਨਾਸ ਕਰਨ ਤੋਂ ਮੋੜੇ ।।
24 ਫੇਰ ਉਨ੍ਹਾਂ ਨੇ ਉਸ ਮਨ ਭਾਉਂਦੇ ਦੇਸ ਨੂੰ ਤੁੱਛ ਜਾਤਾ, ਉਨ੍ਹਾਂ ਨੇ ਉਹ ਦੇ ਬਚਨ ਨੂੰ ਸਤ ਨਾ ਮੰਨਿਆ,
25 ਪਰ ਆਪਣਿਆਂ ਤੰਬੂਆਂ ਵਿੱਚ ਬੁੜ ਬੁੜ ਕੀਤੀ, ਅਤੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ।
26 ਤਾਂ ਉਹ ਨੇ ਉਨ੍ਹਾਂ ਲਈ ਸੌਂਹ ਖਾਧੀ, ਭਈ ਮੈਂ ਉਨ੍ਹਾਂ ਨੂੰ ਉਜਾੜ ਵਿੱਚ ਸੁੱਟ ਦਿਆਂਗਾ,
27 ਅਤੇ ਉਨ੍ਹਾਂ ਦੀ ਨਸਲ ਨੂੰ ਵੀ ਕੌਮਾਂ ਵਿੱਚ ਸੁੱਟਾਂਗਾ, ਅਤੇ ਉਨ੍ਹਾਂ ਨੂੰ ਦੇਸਾਂ ਵਿੱਚ ਖਿਲਾਰ ਦਿਆਂਗਾ।।
28 ਉਨ੍ਹਾਂ ਨੇ ਬਆਲ ਪਓਰ ਨਾਲ ਆਪਣੇ ਆਪ ਨੂੰ ਜੋੜ ਦਿੱਤਾ, ਅਤੇ ਮੁਰਦਿਆਂ ਦੇ ਚੜ੍ਹਾਵਿਆਂ ਨੂੰ ਖਾਧਾ!
29 ਇਉਂ ਆਪਣੀਆਂ ਕਰਤੂਤਾਂ ਨਾਲ ਉਨ੍ਹਾਂ ਨੇ ਉਹ ਨੂੰ ਗੁੱਸੇ ਕੀਤਾ, ਅਤੇ ਮਰੀ ਉਨ੍ਹਾਂ ਵਿੱਚ ਫੁੱਟ ਪਈ।
30 ਤਾਂ ਫ਼ੀਨਹਾਸ ਵਿਚਕਾਰ ਖਲੋ ਗਿਆ, ਅਤੇ ਮਰੀ ਰੁਕ ਗਈ,
31 ਅਤੇ ਏਹ ਉਹ ਦੇ ਲਈ ਧਰਮ ਗਿਣਿਆ ਗਿਆ, ਪੀੜ੍ਹੀਓਂ ਪੀੜ੍ਹੀ ਸਦਾ ਲਈ।।
32 ਫੇਰ ਉਨ੍ਹਾਂ ਨੇ ਮਰੀਬਾਹ ਦੇ ਪਾਣੀ ਉੱਤੇ ਉਹ ਦੇ ਗੁੱਸੇ ਨੂੰ ਭੜਕਾਇਆ, ਏਹ ਉਨ੍ਹਾਂ ਦੇ ਕਾਰਨ ਮੂਸਾ ਲਈ ਬੁਰਾ ਹੋਇਆ,
33 ਓਹ ਉਸ ਦੇ ਆਤਮਾ ਤੋਂ ਆਕੀ ਜੋ ਹੋ ਗਏ ਸਨ, ਤਾਂ ਉਸ ਨੇ ਆਪਣੇ ਬੁੱਲਾਂ ਤੋਂ ਕੁਵੱਲੀਆਂ ਗੱਲਾਂ ਕੱਢੀਆਂ।
34 ਉਨ੍ਹਾਂ ਨੇ ਓਹਨਾਂ ਉੱਮਤਾਂ ਦਾ ਨਾਸ ਨਾ ਕੀਤਾ, ਜਿਨ੍ਹਾਂ ਲਈ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ,
35 ਸਗੋਂ ਓਹ ਓਹਨਾਂ ਕੌਮਾਂ ਵਿੱਚ ਰਲ ਗਏ ਅਤੇ ਉਨ੍ਹਾਂ ਨੇ ਓਹਨਾਂ ਦੇ ਕੰਮ ਸਿੱਖ ਲਏ,
36 ਅਤੇ ਓਹਨਾਂ ਦੇ ਬੁੱਤਾਂ ਦੀ ਪੂਜਾ ਕੀਤੀ, ਜਿਹੜੇ ਉਨ੍ਹਾਂ ਲਈ ਇੱਕ ਫਾਹੀ ਬਣ ਗਏ।
37 ਉਨ੍ਹਾਂ ਨੇ ਆਪਣੇ ਪੁੱਤ੍ਰਾਂ ਧੀਆਂ ਨੂੰ ਭੂਤਨਿਆਂ ਲਈ ਬਲੀਦਾਨ ਕੀਤਾ।
38 ਉਨ੍ਹਾਂ ਨੇ ਨਿਰਦੋਸ਼ਾਂ ਦਾ ਲਹੂ, ਅਰਥਾਤ ਆਪਣੇ ਪੁੱਤ੍ਰਾਂ ਧੀਆਂ ਦਾ ਲਹੂ ਵਹਾਇਆ, ਜਿਨ੍ਹਾਂ ਨੂੰ ਉਨ੍ਹਾਂ ਨੇ ਕਨਾਨ ਦੇ ਬੁੱਤਾਂ ਲਈ ਬਲੀਦਾਨ ਕੀਤਾ, ਸੋ ਦੇਸ ਲਹੂ ਨਾਲ ਪਲੀਤ ਹੋਇਆ।।
39 ਓਹ ਆਪਣੇ ਕੰਮਾਂ ਵਿੱਚ ਭਰਿਸ਼ਟ ਹੋਏ, ਅਤੇ ਆਪਣੀਂ ਕਰਤੱਬੀਂ ਜ਼ਨਾਹਕਾਰ ਠਹਿਰੇ।
40 ਇਉਂ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਅਤੇ ਉਹ ਨੇ ਉਹ ਨੇ ਆਪਣੀ ਮਿਰਾਸ ਤੋਂ ਘਿਣ ਕੀਤੀ।
41 ਉਹ ਨੇ ਉਨ੍ਹਾਂ ਨੂੰ ਕੌਮਾਂ ਦੇ ਵੱਸ ਵਿੱਚ ਦੇ ਦਿੱਤਾ, ਭਈ ਉਨ੍ਹਾਂ ਦੇ ਦੁਸ਼ਮਨ ਉਨ੍ਹਾਂ ਉੱਤੇ ਹੁਕਮ ਕਰਨ।
42 ਉਨ੍ਹਾਂ ਦੇ ਵੈਰੀਆਂ ਨੇ ਉਨ੍ਹਾਂ ਨੂੰ ਸਤਾਇਆ, ਅਤੇ ਓਹ ਓਹਨਾਂ ਦੇ ਹੱਥਾਂ ਹੇਠ ਅਧੀਨ ਹੋ ਗਏ।
43 ਬਹੁਤ ਵਾਰ ਉਸ ਨੇ ਉਨ੍ਹਾਂ ਨੂੰ ਛੁਡਾਇਆ, ਪਰ ਓਹ ਆਪਣੀਆਂ ਸਲਾਹਾਂ ਵਿੱਚ ਉਸ ਤੋਂ ਆਕੀ ਰਹੇ, ਓਹ ਆਪਣੀ ਬਦੀ ਦੇ ਕਾਰਨ ਹੀਣੇ ਹੋ ਗਏ।
44 ਜਾਂ ਉਹ ਨੇ ਉਨ੍ਹਾਂ ਦੀ ਫ਼ਰਿਆਦ ਸੁਣੀ, ਤਾਂ ਉਹ ਨੇ ਉਨ੍ਹਾਂ ਦੇ ਦੁਖ ਨੂੰ ਵੇਖਿਆ।
45 ਉਹ ਨੇ ਉਨ੍ਹਾਂ ਲਈ ਆਪਣੇ ਨੇਮ ਨੂੰ ਚੇਤੇ ਕੀਤਾ, ਅਤੇ ਆਪਣੀ ਬੇਹੱਦ ਦਯਾ ਦੇ ਕਾਰਨ ਉਨ੍ਹਾਂ ਉੱਤੇ ਤਰਸ ਖਾਧਾ।
46 ਉਨ੍ਹਾਂ ਨੇ ਬੰਧੂਏ ਬਣਾਉਣ ਵਾਲਿਆਂ ਦੇ ਅੱਗੇ ਉਹ ਨੇ ਉਨ੍ਹਾਂ ਨੂੰ ਰਹਮ ਦੁਵਾਇਆ।।
47 ਹੇ ਯਹੋਵਾਹ ਸਾਡੇ ਪਰਮੇਸ਼ੁਰ, ਸਾਨੂੰ ਬਚਾ ਲੈ! ਅਤੇ ਕੌਮਾਂ ਵਿੱਚੋਂ ਸਾਨੂੰ ਇਕੱਠੇ ਕਰ, ਭਈ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਅਤੇ ਤੇਰੀ ਉਸਤਤ ਵਿੱਚ ਫੁੱਲ ਫੁੱਲ ਬਹੀਏ!
48 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਆਦ ਤੋਂ ਅੰਤ ਤੀਕ ਮੁਬਾਰਕ ਹੋਵੇ! ਹੇ ਸਾਰੀ ਪਰਜਾ, ਆਖ ਆਮੀਨ! ਹਲਲੂਯਾਹ!।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×