Bible Versions
Bible Books

Psalms 107 (PAV) Punjabi Old BSI Version

1 ਯਹੋਵਾਹ ਦਾ ਧੰਨਵਾਦ ਕਰੋ ਭਈ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕ ਹੈ!
2 ਯਹੋਵਾਹ ਦੇ ਛੁਡਾਏ ਹੋਏ ਏਹ ਆਖਣ, ਜਿਨ੍ਹਾਂ ਨੂੰ ਉਹ ਨੇ ਵਿਰੋਧੀ ਦੇ ਹੱਥੋਂ ਛੁਡਾਇਆ ਹੈ।
3 ਉਹ ਨੇ ਉਨ੍ਹਾਂ ਨੂੰ ਦੇਸ ਦਸੰਤਰਾਂ ਤੋਂ ਇਕੱਠਾ ਕੀਤਾ, ਚੜ੍ਹਦਿਓਂ, ਲਹਿੰਦਿਓਂ, ਉੱਤਰੋਂ ਤੇ ਦੱਖਣੋਂ।।
4 ਓਹ ਥਲ ਦੇ ਰਾਹ ਉਜਾੜ ਵਿੱਚ ਅਵਾਰਾ ਫਿਰੇ, ਉਨ੍ਹਾਂ ਨੂੰ ਕੋਈ ਵੱਸਿਆ ਹੋਇਆ ਸ਼ਹਿਰ ਨਾ ਲੱਭਾ।
5 ਓਹ ਭੁੱਖੇ ਤੇ ਤਿਹਾਏ ਸਨ ਉਨ੍ਹਾਂ ਦੇ ਪ੍ਰਾਣ ਉਨ੍ਹਾਂ ਦੇ ਵਿੱਚ ਨਢਾਲ ਸਨ।
6 ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਅਤੇ ਉਹ ਨੇ ਉਨ੍ਹਾਂ ਦੇ ਕਸ਼ਟਾਂ ਤੋਂ ਉਨ੍ਹਾਂ ਨੂੰ ਛੁਡਾਇਆ।
7 ਉਹ ਨੇ ਉਨ੍ਹਾਂ ਨੂੰ ਸਿੱਧੇ ਰਾਹ ਪਾਇਆ, ਭਈ ਓਹ ਕਿਸੇ ਵੱਸੇ ਹੋਏ ਸ਼ਹਿਰ ਨੂੰ ਚਲੇ ਜਾਣ।
8 ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ!
9 ਉਹ ਤਾਂ ਤਰਸਦੀ ਜਾਨ ਨੂੰ ਰਜਾਉਂਦਾ ਹੈ, ਅਤੇ ਭੁੱਖੀ ਜਾਨ ਨੂੰ ਪਦਾਰਥਾਂ ਨਾਲ ਭਰਦਾ ਹੈ।।
10 ਜਿਹੜੇ ਅਨ੍ਹੇਰੇ ਤੇ ਮੌਤ ਦੇ ਸਾਯੇ ਥੱਲੇ ਵੱਸਦੇ ਸਨ, ਅਤੇ ਦੁਖ ਤੇ ਲੋਹੇ ਨਾਲ ਜਕੜੇ ਹੋਏ ਸਨ,
11 ਇਸ ਲਈ ਕਿ ਓਹ ਪਰਮੇਸ਼ੁਰ ਦੇ ਬਚਨਾਂ ਤੋਂ ਆਕੀ ਹੋ ਗਏ, ਅਤੇ ਅੱਤ ਮਹਾਨ ਦੀ ਸਲਾਹ ਨੂੰ ਤੁੱਛ ਜਾਤਾ,
12 ਉਨ੍ਹਾਂ ਦੇ ਮਨ ਨੂੰ ਉਹ ਨੇ ਖੇਚਲ ਨਾਲ ਅਧੀਨ ਕੀਤਾ, ਓਹ ਡਿੱਗਣ ਨੂੰ ਸਨ ਪਰ ਕੋਈ ਸਹਾਇਕ ਨਹੀਂ ਸੀ,
13 ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਉਹ ਨੇ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਇਆ।
14 ਉਹ ਉਨ੍ਹਾਂ ਨੂੰ ਅਨ੍ਹੇਰੇ ਤੇ ਮੌਤ ਦੇ ਸਾਯੇ ਹੇਠੋਂ ਕੱਢ ਲਿਆਇਆ, ਅਤੇ ਉਨ੍ਹਾਂ ਦੇ ਬੰਦ ਤੋੜ ਸੁੱਟੇ।
15 ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ!
16 ਉਹ ਨੇ ਤਾਂ ਪਿੱਤਲ ਦੇ ਦਰ ਭੰਨ ਸੁੱਟੇ, ਤੇ ਲੋਹੇ ਦੇ ਅਰਲਾਂ ਦੇ ਟੋਟੇ ਟੋਟੇ ਕਰ ਦਿੱਤੇ।।
17 ਮੂਰਖ ਆਪਣੇ ਕੁਚਲਣ ਤੇ ਕੁਕਰਮ ਦੇ ਕਾਰਨ ਦੁਖ ਭੋਗਦੇ ਹਨ,
18 ਸਭ ਪਰਕਾਰ ਦੇ ਪਰਸ਼ਾਦਾਂ ਤੋਂ ਉਨ੍ਹਾਂ ਦਾ ਜੀ ਘਿਣ ਕਰਦਾ ਹੈ, ਅਤੇ ਓਹ ਮੌਤ ਦੇ ਫਾਟਕਾਂ ਦੇ ਨੇੜੇ ਅੱਪੜਦੇ ਹਨ।
19 ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਉਂਦਾ ਹੈ।
20 ਉਹ ਆਪਣਾ ਬਚਨ ਘੱਲ ਕੇ ਉਨ੍ਹਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਨੂੰ ਤਬਾਹੀ ਤੋਂ ਬਚਾਉਂਦਾ ਹੈ।
21 ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ!
22 ਓਹ ਧੰਨਵਾਦ ਦੇ ਬਲੀਦਾਨ ਚੜ੍ਹਾਉਣ, ਅਤੇ ਉਹ ਦੇ ਕੰਮ ਜੈਕਾਰਿਆਂ ਨਾਲ ਦੱਸਣ।।
23 ਜਿਹੜੇ ਜਹਾਜ਼ਾਂ ਵਿੱਚ ਸਮੁੰਦਰ ਉੱਤੇ ਚੱਲਦੇ ਹਨ, ਅਤੇ ਮਹਾਂ ਸਾਗਰ ਦੇ ਉੱਤੋਂ ਦੀ ਆਪਣਾ ਬੁਪਾਰ ਕਰਦੇ ਹਨ,
24 ਓਹ ਯਹੋਵਾਹ ਦੇ ਕੰਮਾਂ ਨੂੰ, ਅਤੇ ਉਹ ਦੇ ਅਚਰਜਾਂ ਨੂੰ ਡੁੰਘਿਆਈ ਵਿੱਚ ਵੇਖਦੇ ਹਨ।
25 ਉਹ ਹੁਕਮ ਦੇ ਕੇ ਤੁਫ਼ਾਨ ਵਗਾਉਂਦਾ ਹੈ, ਅਤੇ ਉਸ ਦੀਆਂ ਲਹਿਰਾਂ ਠਾਠਾਂ ਮਾਰਦੀਆਂ ਹਨ।
26 ਓਹ ਅਕਾਸ਼ ਤੀਕੁਰ ਚੜ੍ਹ ਜਾਂਦੇ, ਓਹ ਡੁੰਘਾਣ ਵਿੱਚ ਪੈਂਦੇ ਹਨ, ਉਨ੍ਹਾਂ ਦਾ ਜੀ ਦੁਖ ਦੇ ਕਾਰਨ ਢਲ ਜਾਂਦਾ ਹੈ,
27 ਓਹ ਝੂਲਦੇ ਫਿਰਦੇ ਹਨ ਤੇ ਸ਼ਰਾਬੀ ਵਾਂਙੁ ਡਿੱਗਦੇ ਢਹਿੰਦੇ ਹਨ, ਅਤੇ ਉਨ੍ਹਾਂ ਦੀ ਸਾਰੀ ਮੱਤ ਮਾਰੀ ਜਾਂਦੀ ਹੈ।
28 ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਅਤੇ ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਕੱਢ ਲਿਆਉਂਦਾ ਹੈ।
29 ਉਹ ਤੁਫ਼ਾਨ ਨੂੰ ਥਮ੍ਹਾ ਦਿੰਦਾ ਹੈ, ਅਤੇ ਉਸ ਦੀਆਂ ਲਹਿਰਾਂ ਚੁੱਪ ਹੋ ਜਾਂਦੀਆਂ ਹਨ।
30 ਤਾਂ ਓਹ ਉਸ ਦੇ ਥਮ੍ਹ ਜਾਣ ਦੇ ਕਾਰਨ ਅਨੰਦ ਹੁੰਦੇ ਹਨ, ਅਤੇ ਉਹ ਉਨ੍ਹਾਂ ਨੂੰ ਮਨ ਮੰਗੇ ਘਾਟ ਉੱਤੇ ਪੁਚਾ ਦਿੰਦਾ ਹੈ।
31 ਕਾਸ਼ ਕਿ ਓਹ ਯਹੋਵਾਹ ਲਈ ਉਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ!
32 ਓਹ ਪਰਜਾ ਦੀ ਸਭਾ ਵਿੱਚ ਉਹ ਨੂੰ ਵਡਿਆਉਣ, ਅਤੇ ਬਜ਼ੁਰਗਾਂ ਦੀ ਬੈਠਕ ਵਿੱਚ ਉਹ ਦੀ ਉਸਤਤ ਕਰਨ।।
33 ਉਹ ਨਦੀਆਂ ਨੂੰ ਉਜਾੜ, ਅਤੇ ਪਾਣੀ ਦੇ ਸੋਤਿਆਂ ਨੂੰ ਸੜੀ ਸੁੱਕੀ ਜ਼ਮੀਨ ਬਣਾ ਦਿੰਦਾ ਹੈ,
34 ਉਸ ਦੇ ਵਾਸੀਆਂ ਦੀ ਬੁਰਿਆਈ ਦੇ ਕਾਰਨ ਉਹ ਫਲਵੰਤ ਜ਼ਮੀਨ ਨੂੰ ਕੱਲਰ ਕਰ ਦਿੰਦਾ ਹੈ।
35 ਉਹ ਉਜਾੜ ਨੂੰ ਝੀਲ, ਅਤੇ ਸੜੀ ਸੁੱਕੀ ਜ਼ਮੀਨ ਪਾਣੀ ਦਾ ਸੋਤਾ ਬਣਾ ਦਿੰਦਾ ਹੈ,
36 ਅਤੇ ਭੁੱਖਿਆਂ ਨੂੰ ਉੱਥੇ ਵਸਾ ਦਿੰਦਾ ਹੈ, ਭਈ ਓਹ ਵੱਸਣ ਲਈ ਇੱਕ ਸ਼ਹਿਰ ਕਾਇਮ ਕਰਨ,
37 ਅਤੇ ਪੈਲੀਆਂ ਬੀਜਣ ਤੇ ਦਾਖਾਂ ਦੇ ਬਾਗ਼ ਲਾਉਣ, ਅਤੇ ਢੇਰ ਸਾਰੀ ਪੈਦਾਵਾਰ ਲੈਣ।
38 ਉਹ ਉਨ੍ਹਾਂ ਨੂੰ ਬਰਕਤ ਦਿੰਦਾ ਅਤੇ ਓਹ ਵਧ ਜਾਂਦੇ ਹਨ, ਅਤੇ ਉਹ ਉਨ੍ਹਾਂ ਦੇ ਡੰਗਰ ਘਟਣ ਨਹੀਂ ਦਿੰਦਾ।
39 ਫੇਰ ਅਨ੍ਹੇਰੇ ਅਤੇ ਬਦੀ ਅਤੇ ਰੰਜ ਦੇ ਮਾਰੇ, ਓਹ ਘੱਟ ਜਾਂਦੇ ਅਤੇ ਨਿਉਂਦੇ ਹਨ।
40 ਉਹ ਪਤਵੰਤਿਆਂ ਉੱਤੇ ਸੂਗ ਡੋਲ੍ਹਦਾ ਹੈ। ਅਤੇ ਉਨ੍ਹਾਂ ਨੂੰ ਬੇਰਾਹ ਥਲ ਵਿੱਚ ਭੁਆਉਂਦਾ ਹੈ।
41 ਪਰ ਉਹ ਕੰਗਾਲ ਨੂੰ ਦੁਖ ਵਿੱਚੋਂ ਉਤਾਹਾਂ ਬਿਠਾਉਂਦਾ ਹੈ, ਅਤੇ ਉਹ ਦਾ ਟੱਬਰ ਇੱਜੜ ਜਿਹਾ ਕਰ ਦਿੰਦਾ ਹੈ।
42 ਸਿੱਧੇ ਲੋਕ ਵੇਖ ਕੇ ਅਨੰਦ ਹੋਣਗੇ, ਅਤੇ ਸਾਰੀ ਬੁਰਿਆਈ ਆਪਣਾ ਮੂੰਹ ਬੰਦ ਕਰੇਗੀ।
43 ਜੋ ਕੋਈ ਬੁੱਧਵਾਨ ਹੈ ਉਹ ਏਹਨਾਂ ਗੱਲਾਂ ਨੂੰ ਮੰਨੇਗਾ, ਅਤੇ ਯਹੋਵਾਹ ਦੀ ਦਯਾ ਉੱਤੇ ਧਿਆਨ ਲਾਵੇਗਾ।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×